ਕੁਰਾਲੀ 24ਅਪੈ੍ਲ(ਜਗਦੇਵ ਸਿੰਘ)
ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪਹਿਲਗਾਮ ਨੇੜੇ ਅੱਤਵਾਦੀਆਂ ਵੱਲੋਂ ਘੁੰਮਣ ਆਏ ਹੋਏ ਸੈਲਾਨੀਆਂ ‘ਤੇ ਕੀਤੇ ਵੱਡੇ ਕਤਲਾਨੇ ਦੀ ਗੁਰਪ੍ਰਤਾਪ ਸਿੰਘ ਪਡਿਆਲਾ ਜਰਨਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਹਨਾਂ ਕਿਹਾ ਕਿ ਇਸ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਘਟਨਾ ਦੀ ਜਿੰਨੀ ਵੀ ਨਿੰਦਿਆ ਕੀਤੀ ਜਾਵੇ ਉਹ ਥੋੜ੍ਹੀ ਹੈ। ਪਡਿਆਲਾ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਇਆ ਕਾਇਰਤਾਪੂਰਨ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਹੈ। ਨਿਹੱਥੇ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਮਨੁੱਖਤਾ ‘ਤੇ ਹਮਲਾ ਹੈ। ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇੱਕਜੁੱਟ ਹੈ ਸਾਡੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ ਅਤੇ ਅਸੀਂ ਹਰ ਤਰ੍ਹਾਂ ਦੇ ਅੱਤਵਾਦ ਦੀ ਸਖ਼ਤ ਨਿੰਦਾ ਕਰਦੇ ਹਾਂ। ਉਹਨਾਂ ਕਿਹਾ ਕਿ ਇਸ ਹਮਲੇ ਦੇ ਨਾਲ ਕੇਂਦਰ ਸਰਕਾਰ ਤੇ ਖੂਫੀਆ ਏਜੰਸੀਆਂ ਬੁਰੀ ਤਰ੍ਹਾਂ ਫੇਲ ਸਾਬਤ ਹੋਈਆ ਹਨ। ਕਿਉਂਕਿ ਜੰਮੂ ਕਸ਼ਮੀਰ ਵਿੱਚ ਪਹਿਲਾਂ ਹੀ ਮਾਹੌਲ ਖਰਾਬ ਚੱਲ ਰਿਹਾ ਸੀ ਦੂਜਾ ਜਿਸ ਥਾਂ ਤੇ ਇਹ ਹਾਦਸਾ ਵਾਪਰਿਆ ਉਥੇ ਰੋਜ਼ਾਨਾ 2000 ਦੇ ਕਰੀਬ ਸੈਲਾਨੀ ਘੁੰਮਣ ਆਉਂਦੇ ਹਨ। ਪਰ ਉਥੇ ਉਨਾਂ ਸੈਲਾਨੀਆਂ ਦੀ ਸੁਰੱਖਿਆ ਦੇ ਲਈ ਇੱਕ ਵੀ ਸੁਰੱਖਿਆ ਮੁਲਾਜ਼ਮ ਤੈਨਾਤ ਨਹੀਂ ਸਨ। ਗੁਰ ਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਇਸ ਦਰਦਨਾਕ ਹਾਦਸੇ ਦੇ ਵਿੱਚ ਆਪਣੇ ਕਰੀਬੀਆ ਤੇ ਪਰਿਵਾਰਿਕ ਮੈਂਬਰਾਂ ਨੂੰ ਗਵਾਉਣ ਵਾਲੇ ਪਰਿਵਾਰਾਂ ਦੇ ਨਾਲ ਉਨਾਂ ਦੇ ਦੁੱਖ ਵਿੱਚ ਸ਼ਾਮਿਲ ਹਨ ਅਤੇ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।