ਕੁਰਾਲੀ  28  ਅਪ੍ਰੈਲ(ਜਗਦੇਵ ਸਿੰਘ)

ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਰਤਵਾੜਾ ਸਾਹਿਬ ਵਿਖੇ ਗੁਰਮੁਖੀ ਦੇ ਰਚੇਤਾ ਅਤੇ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਅੰਗ, ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ਼ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਹੋਈ। ਸਕੂਲ ਦੀ ਵਿਦਿਆਰਥਣ ਕਿਰਤਪ੍ਰੀਤ ਕੌਰ ਨੇ ਗੁਰੂ ਅੰਗਦ ਦੇਵ ਜੀ ਦੇ ਜੀਵਨ ਅਤੇ ਮਹਾਨ ਕਾਰਜਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

ਉਪਰੰਤ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ “ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸ”।। ਦਾ ਰਸ-ਭਿੰਨਾ ਕੀਰਤਨ ਕੀਤਾ ਗਿਆ। ਫਿਰ ਅਨੰਦ ਸਾਹਿਬ ਜੀ ਦੇ ਪਾਠ ਦੀਆਂ ਛੇ ਪੌੜੀਆਂ, ਅਰਦਾਸ ਅਤੇ ਨਾਮ ਸਿਮਰਨ ਕੀਤਾ ਗਿਆ।

ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਅੰਗਦ ਦੇਵ ਜੀ ਦੇ ਜੀਵਨ ਤੋਂ ਸੇਧ ਲੈਣ ਅਤੇ ਗੁਰਮੁਖੀ ਨੂੰ ਪਿਆਰ ਅਤੇ ਸਤਿਕਾਰ ਦੇਣ ਦੀ ਪ੍ਰੇਰਨਾ ਦਿੱਤੀ।

ਟਰੱਸਟ ਦੇ ਮੁਖੀ ਸੰਤ ਬਾਬਾ ਲਖਬੀਰ ਸਿੰਘ ਜੀ ਨੇ ਆਪਣੇ ਸੰਦੇਸ਼ ਰਾਹੀਂ ਸਾਰਿਆਂ ਨੂੰ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਉਹਨਾਂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ।

ਸ਼ੇਅਰ