ਰੂਪਨਗਰ, 2 ਅਪ੍ਰੈਲ (ਜਗਦੇਵ ਸਿੰਘ)

ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਰੂਪਨਗਰ ਵੱਲੋਂ 7 ਅਪ੍ਰੈਲ ਨੂੰ ਪਿੰਡ ਘਨੌਲਾ ਵਿਖੇ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਲਈ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਇਹ ਜਾਣਕਾਰੀ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦਿੱਤੀ। ਇਸ ਕੈਂਪ ਵਿੱਚ ਖਾਸ ਤੌਰ ‘ਤੇ ਆਯੂਸ਼ਮਾਨ ਭਾਰਤ ਯੋਜਨਾ, ਈ-ਸ਼੍ਰਮ ਕਾਰਡ ਅਤੇ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧਿ ਯੋਜਨਾ ਲਈ ਕੇਵਾਈਸੀ ਦੀ ਸੁਵਿਧਾ ਉਪਲਬਧ ਕਰਾਈ ਜਾਵੇਗੀ। ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਗਰੀਬ, ਮਜ਼ਦੂਰ ਅਤੇ ਕਿਸਾਨ ਵਰਗ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਉਦੇਸ਼ ਨਾਲ ਭਾਜਪਾ ਵੱਲੋਂ ਇਹ ਕੈਂਪ ਲਗਾਇਆ ਜਾ ਰਿਹਾ ਹੈ, ਤਾਂ ਜੋ ਪੇਂਡੂ ਇਲਾਕਿਆਂ ਦੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਮਿਲ ਸਕੇ। ਆਯੂਸ਼ਮਾਨ ਭਾਰਤ ਯੋਜਨਾ ਅਧੀਨ ਪਾਤਰ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ ਜਾਂਦਾ ਹੈ, ਜਿਸ ਨਾਲ ਉਹ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ। ਇਹ ਯੋਜਨਾ ਗਰੀਬ ਅਤੇ ਪੀੜਤ ਪਰਿਵਾਰਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਦੀ ਵਿਸ਼ੇਸ਼ ਸਹੂਲਤ ਦਿੰਦੀ ਹੈ। ਕੈਂਪ ਵਿੱਚ ਆਉਣ ਵਾਲੇ ਲਾਭਪਾਤਰੀਆਂ ਦਾ ਰਜਿਸਟ੍ਰੇਸ਼ਨ ਕੀਤਾ ਜਾਵੇਗਾ, ਤਾਂ ਜੋ ਉਹ ਇਸ ਯੋਜਨਾ ਤੋਂ ਲਾਭ ਲੈ ਸਕਣ। ਈ-ਸ਼੍ਰਮ ਕਾਰਡ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਲਈ ਇੱਕ ਮਹੱਤਵਪੂਰਨ ਯੋਜਨਾ ਹੈ, ਜਿਸ ਤਹਿਤ 2 ਲੱਖ ਰੁਪਏ ਤੱਕ ਦਾ ਬੀਮਾ ਕਵਰ ਦਿੱਤਾ ਜਾਂਦਾ ਹੈ। ਇਹ ਕਾਰਡ ਰਾਹੀਂ ਮਜ਼ਦੂਰ ਭਵਿੱਖ ਵਿੱਚ ਸਰਕਾਰ ਦੀ ਕਿਸੇ ਵੀ ਭਲਾਈ ਯੋਜਨਾ ਦਾ ਸਿੱਧਾ ਲਾਭ ਲੈ ਸਕਦੇ ਹਨ। ਭਾਜਪਾ ਕਾਰਕੁਨ ਕੈਂਪ ਵਿੱਚ ਮੌਜੂਦ ਰਹਿਣਗੇ ਅਤੇ ਮਜ਼ਦੂਰਾਂ ਦੀ ਈ-ਸ਼੍ਰਮ ਪੋਰਟਲ ‘ਤੇ ਰਜਿਸਟ੍ਰੇਸ਼ਨ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧਿ ਯੋਜਨਾ ਤਹਿਤ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ, ਜੋ ਤਿੰਨ ਹਿੱਸਿਆਂ ਵਿੱਚ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਇਸ ਯੋਜਨਾ ਦਾ ਲਾਭ ਲਗਾਤਾਰ ਜਾਰੀ ਰੱਖਣ ਲਈ ਕਿਸਾਨਾਂ ਲਈ ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਕੈਂਪ ਵਿੱਚ ਕਿਸਾਨਾਂ ਦੀ ਕੇਵਾਈਸੀ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਸਮੇਂ-ਸਮੇਂ ‘ਤੇ ਆਰਥਿਕ ਸਹਾਇਤਾ ਮਿਲਦੀ ਰਹੇ। ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਘਨੌਲਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 7 ਅਪਰੈਲ ਨੂੰ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਅਤੇ ਇਹਨਾਂ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦੀ ਪਹੁੰਚ ਹੋਵੇ, ਤਾਂ ਜੋ ਸਮਾਜ ਦੇ ਹਰ ਵਰਗ ਦਾ ਵਿਕਾਸ ਹੋ ਸਕੇ।

ਸ਼ੇਅਰ