ਚੰਡੀਗੜ੍ਹ/ਗੁਰਕਿਰਪਾ ਬਿਊਰੋ/ 15/ ਅਪ੍ਰੈਲ /2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦਾ ਇਰਾਦਾ ਅਤੇ ਇੱਛਾ ਸ਼ਕਤੀ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਪੰਜਾਬੀਆਂ ਦੀ ਤਰੱਕੀ ਨੂੰ ਯਕੀਨੀ ਬਣਾਉਣਾ ਹੈ ਅਤੇ ਉਹ ਇਸ ਮਨੋਰਥ ਲਈ ਲੋਕਾਂ ਦੀ ਜੀਅ-ਜਾਨ ਨਾਲ ਸੇਵਾ ਕਰ ਰਹੀ ਹੈ।
ਅੱਜ ਇੱਥੇ ਨਵੇਂ ਬਣੇ ‘ਸਕੂਲ ਆਫ਼ ਐਮੀਨੈਂਸ’ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸਖ਼ਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਵਿਆਪਕ ਵਿਕਾਸ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਸ ਕਰਕੇ ਸੰਭਵ ਹੋ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਦਾ ਉਦੇਸ਼ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਕਰਨ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਧਿਆਨ ਨਹੀਂ ਦਿੱਤਾ ਸਗੋਂ ਉਲਟਾ ਹਾਕਮ ਬਣ ਕੇ ਸੱਤਾ ਭੋਗੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬਾ ਗਲਤ ਹੱਥਾਂ ਵਿੱਚ ਸੀ ਜਿਸ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਉਨ੍ਹਾਂ ਦੀ ਸਰਕਾਰ ਨੇ ਜਨਤਕ ਸਰੋਕਾਰ ਵਾਲੇ ਅਜਿਹੇ ਭਲਾਈ ਕਾਰਜਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਨੇਤਾਵਾਂ ਦੇ ਧੀਆਂ-ਪੁੱਤਰ ਤਾਂ ਪਹਾੜਾਂ ਵਾਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲ ਕਦੇ ਵੀ ਉਨ੍ਹਾਂ ਦੇ ਏਜੰਡੇ ’ਤੇ ਨਹੀਂ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿੱਖਿਆ ਦੇਣ ਦੀ ਬਜਾਏ ਸਰਕਾਰੀ ਸਕੂਲ ਸਿਰਫ਼ ਮਿਡ-ਡੇ-ਮੀਲ ਦਾ ਜ਼ਰੀਆ ਬਣ ਗਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਇਕੋ-ਇਕ ਉਦੇਸ਼ ਨਾਲ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਜੀਵਨ ਵਿੱਚ ਬੁਲੰਦੀਆਂ ਛੂਹ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵਰਗੇ ਕੌਮੀ ਨੇਤਾਵਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦਾ ਨਿਰਮਾਣ ਕਰਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਿਖਰਲਾ ਸਥਾਨ ਪ੍ਰਾਪਤ ਕਰਨ ਦੇ ਸੁਪਨਿਆਂ ਦੀ ਉਡਾਣ ਭਰਨ ਲਈ ਖੰਭ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਵੱਡੀ ਕ੍ਰਾਂਤੀ ਵੱਲ ਵਧ ਰਿਹਾ ਹੈ ਅਤੇ ਅਤਿ ਆਧੁਨਿਕ ਤਕਨਾਲੋਜੀ ਨਾਲ ਲੈਸ ਇਹ ਸਕੂਲ ਇਸ ਦੀ ਬਿਹਤਰ ਮਿਸਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖਾਸ ਕਰਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰਨਗੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਤਕਦੀਰ ਬਦਲਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਉਮੀਦ ਹੈ ਕਿ ਇਸ ਦੇ ਚੰਗੇ ਨਤੀਜੇ ਨਿਕਲਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਨੂੰ ਸਮਾਜ ਦੇ ਕਮਜ਼ੋਰ ਤੇ ਪਛੜੇ ਵਰਗਾਂ ਤੋਂ ਵਿੱਤ ਮੰਤਰੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਅਹੁਦਾ ਅਮੀਰ ਆਗੂਆਂ ਲਈ ਰਾਖਵਾਂ ਹੁੰਦਾ ਸੀ ਜਿਨ੍ਹਾਂ ਨੂੰ ਆਮ ਭਾਸ਼ਾ ਵਿੱਚ ‘ਕਾਕਾ ਜੀ’ ਵਜੋਂ ਜਾਣਿਆ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਕ ਇਤਿਹਾਸਕ ਬਦਲਾਅ ਹੈ ਕਿਉਂਕਿ ਸੱਤਾ ਆਮ ਆਦਮੀ ਦੇ ਹੱਥਾਂ ਵਿੱਚ ਸੌਂਪੀ ਗਈ ਹੈ, ਜੋ ਕਿ ਸਾਡੇ ਮਹਾਨ ਰਾਸ਼ਟਰੀ ਆਗੂਆਂ ਦਾ ਸੁਪਨਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਨਸ਼ਿਆਂ, ਰੇਤ, ਟਰਾਂਸਪੋਰਟ, ਕੇਬਲ ਅਤੇ ਹੋਰ ਮਾਫੀਏ ਨੂੰ ਪਨਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਕੋਈ ਹਮਦਰਦੀ ਨਹੀਂ ਸੀ ਸਗੋਂ ਉਨ੍ਹਾਂ ਨੇ ਸੂਬੇ ਦੇ ਖਜ਼ਾਨੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਕਦੇ ਮੁਆਫ਼ ਨਹੀਂ ਕਰਨਗੇ।
ਇਸ ਦੌਰਾਨ ਲੜਕੀਆਂ ਨੂੰ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਆਪਣੇ ਆਪ ਨੂੰ ਕਾਬਲ ਤੇ ਸਮਰੱਥ ਬਣਾਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਵਧ ਗਈਆਂ ਹਨ, ਜਿਨ੍ਹਾਂ ਵਿੱਚ ਉਹ ਖੇਤਰ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਪਹਿਲਾਂ ਪੁਰਸ਼ਾਂ ਦੀ ਜਾਗੀਰ ਮੰਨਿਆ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਸੂਬੇ ਦੇ ਵਡੇਰੇ ਹਿੱਤ ਵਿੱਚ ਔਰਤਾਂ ਦਾ ਸਮਰੱਥਵਾਨ ਹੋਣਾ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਇਸ ਇਤਿਹਾਸਕ ਦਿਨ ਲਈ ਸਾਰੇ ਮਾਪਿਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰਾਂ ਨੂੰ ਵਧਾਈ ਦਿੱਤੀ ਕਿਉਂਕਿ ਇਹ ਸ਼ਾਨਦਾਰ ਸਕੂਲ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਖੇਤਰ ਨਾਲ ਆਪਣੀ ਲੰਬੀ ਸਾਂਝ ਨੂੰ ਯਾਦ ਕੀਤਾ ਜਿੱਥੇ ਉਨ੍ਹਾਂ ਨੇ ਆਪਣਾ ਬਚਪਨ ਬਿਤਾਇਆ ਸੀ ਅਤੇ ਇੱਥੋਂ ਹੀ ਉਹ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਦਾ ਸੰਪੂਰਨ ਰੂਪ ਵਿੱਚ ਬਦਲਾਅ ਦੇਖਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਮੌਕੇ ਪ੍ਰਦਾਨ ਕਰ ਰਹੀ ਹੈ।
ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਤੇ ਹੋਰ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ।